ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਚ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ‘ਚ ਅਸਫਲ
ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਹੀ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਹੋ ਗਈ ਸੀ
ਫਗਵਾੜਾ- ਨਰੇਸ਼ ਪਾਸੀ:
ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਸੇਵਾਮੁਕਤ ਆਈਏਐਸ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਵਿੱਚ ਗੁੰਡਾਗਰਦੀ ਵਧੀ ਹੈ ਅਤੇ ਸ਼ਰੇਆਮ ਲੁੱਟਾਂ-ਖੋਹਾਂ, ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਨਸ਼ਾ ਤਸਕਰੀ ਦਾ ਕੰਮ ਵੀ ਵਧ ਗਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਬਦਮਾਸ਼ਾਂ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਪੰਜਾਬ ਵਿੱਚ ਸਿਰਫ਼ ਨਾਮ ਦੀ ਸਰਕਾਰ ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਵਿੱਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਡੱਡਲ ਮੁਹੱਲੇ ਵਿੱਚ ਘਰਾਂ ਦੇ ਬਾਹਰ ਖੜ੍ਹੀਆਂ ਅੱਧੀ ਦਰਜਨ ਦੇ ਕਰੀਬ ਕਾਰਾਂ ਦੀ ਭੰਨਤੋੜ ਕੀਤੀ ਅਤੇ ਲੋਕਾਂ ਦਾ ਨੁਕਸਾਨ ਕੀਤਾ। ਵਿਧਾਇਕ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਪੁਲਿਸ-ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਨ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ। ਤਾਂ ਜੋ ਸ਼ਹਿਰ ਦਾ ਮਾਹੌਲ ਕਿਸੇ ਵੀ ਤਰ੍ਹਾਂ ਨਾਲ ਖਰਾਬ ਨਾ ਹੋਵੇ। ਇਸ ਦੇ ਨਾਲ ਹੀ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਤੋਂ ਬਦਲਾਅ ਦੇ ਨਾਂ ‘ਤੇ ਵੋਟਾਂ ਮੰਗੀਆਂ ਹਨ। ਪਰ ਹੁਣ ਇਹ ਲੋਕਾਂ ਦੇ ਸਾਹਮਣੇ ਹੈ ਕਿ ਪੰਜਾਬ ਵਿੱਚ ਨਾ ਅਮਨ-ਕਾਨੂੰਨ ਹੈ, ਨਾ ਲੋਕਾਂ ਦੀ ਸੁਰੱਖਿਆ ਹੈ ਅਤੇ ਨਾ ਹੀ ਰੁਜ਼ਗਾਰ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹਾ ਬਦਲਾਅ ਨਹੀਂ ਚਾਹੁੰਦੇ ਹਨ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ। ਪਰ ਅੱਜ ਤੱਕ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਗੋਂ ਸੀਐਮ ਭਗਵੰਤ ਮਾਨ ਵੱਲੋਂ ਨਿੱਤ ਨਵੇਂ ਐਲਾਨ ਕੀਤੇ ਜਾਂਦੇ ਹਨ। ਜਦਕਿ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਲੁੱਟ-ਖੋਹ, ਚੋਰੀ, ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਅਰਾਜਕਤਾ ਦਾ ਪੱਧਰ ਵੱਧ ਰਿਹਾ ਹੈ, ਉਸ ਲਈ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲਣ ਤੋਂ ਅਸਮਰੱਥ ਹਨ ਅਤੇ ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
The post ਪੰਜਾਬ ‘ਚ ‘ਆਪ’ ਸਰਕਾਰ ਦੇ ਚਲਦੇ ਦਿਨ-ਬ-ਦਿਨ ਵੱਧ ਗੁੰਡਾਗਰਦੀ -ਧਾਲੀਵਾਲ appeared first on Welcome Punjab News.
source https://welcomepunjab.in/more-and-more-hooliganism-in-punjab-due-to-aap-government-dhaliwal/