ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ,ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ(ਵਿੱਕੀ ਸੂਰੀ) : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਸ਼ੁੱਕਰਵਾਰ ਨੂੰ 9 ਤੋਂ 12 ਸਤੰਬਰ ਤੱਕ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਡਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕਰਦਿਆਂ ਸਾਫ਼-ਸਫਾਈ, ਲਾਈਟ, ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਆਰਜੀ ਪਖਾਨੇ, ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਚੌਕਾਂ ਦੇ ਸੁੰਦਰੀਕਰਨ ਸਮੇਤ ਹੋਰ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੇਲੇ ਦੌਰਾਨ ਮੈਡੀਕਲ ਟੀਮਾਂ ਤੇ ਫਾਇਰ ਬ੍ਰਿਗੇਡ ਦੀ ਤਾਇਨਾਤੀ ਕਰਨ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ, ਪਾਰਕਿੰਗ ਅਤੇ ਬੈਰੀਕੇਟਿੰਗ ਆਦਿ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸ਼੍ਰੀ ਸਿੱਧ ਬਾਬਾ ਸੋਡਲ ਟਰੱਸਟ, ਜਲੰਧਰ ਦੇ ਅਹੁਦੇਦਾਰਾਂ ਨੂੰ ਮੇਲੇ ਸਬੰਧੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇੰਤਜ਼ਾਮ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਡੀ.ਸੀ.ਪੀ. ਨਰੇਸ਼ ਡੋਗਰਾ, ਡੀ.ਸੀ.ਪੀ. ਜਗਮੋਹਨ ਸਿੰਘ, ਐਸ.ਡੀ.ਐਮ. ਜੈ ਇੰਦਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ, ਜਲੰਧਰ ਸ਼ਿਖਾ ਭਗਤ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼੍ਰੀ ਸਿੱਧ ਬਾਬਾ ਸੋਡਲ ਟਰੱਸਟ ਜਲੰਧਰ ਦੇ ਅਹੁਦੇਦਾਰ ਮੌਜੂਦ ਸਨ।
The post ਡਿਪਟੀ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਡਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ appeared first on Welcome Punjab News.
source https://welcomepunjab.in/deputy-commissioner-ne-shri-siddha/