ਜਲੰਧਰ( ਵਿੱਕੀ ਸੂਰੀ) : ਪੰਜਾਬ ਵਿਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।
The post ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ appeared first on Welcome Punjab News.
source https://welcomepunjab.in/internet-service-in-punjab/